top of page

ਗੁਰਦਾਸਪੁਰ ਵਿੱਚ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕੀਤੀ ਗ੍ਰਿਫ਼ਤਾਰੀ

  • May 29
  • 2 min read

ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਗੁਰਦਾਸਪੁਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਾਵਰਕਾਮ ਵਿਭਾਗ ਦੇ ਇੱਕ ਡਿਵੀਜ਼ਨਲ ਅਕਾਊਂਟੈਂਟ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਦੀ ਪਛਾਣ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਐਸਈ ਪਾਵਰਕਾਮ ਦਫ਼ਤਰ ਗੁਰਦਾਸਪੁਰ ਵਿੱਚ ਤਾਇਨਾਤ ਸੀ।


ਮਿਲੀ ਜਾਣਕਾਰੀ ਅਨੁਸਾਰ ਪਾਵਰਕਾਮ ਵਿਭਾਗ ਤੋਂ ਸੇਵਾਮੁਕਤ ਹੋਏ ਜੂਨੀਅਰ ਇੰਜੀਨੀਅਰ ਬਿਸ਼ੰਬਰ ਦਾਸ ਦਾ ਕਰੀਬ ਇੱਕ ਲੱਖ ਰੁਪਏ ਦਾ ਭੁਗਤਾਨ ਵਿਭਾਗ ਵੱਲੋਂ ਬਕਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਬਿਸ਼ੰਬਰ ਦਾਸ ਪਿਛਲੇ ਲਗਭਗ ਇੱਕ ਸਾਲ ਤੋਂ ਆਪਣੇ ਬਕਾਇਆ ਭੁਗਤਾਨ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਸਨ, ਪਰ ਹਰ ਵਾਰ ਉਨ੍ਹਾਂ ਨੂੰ ਕਿਸੇ ਨਾ ਕਿਸੇ ਬਹਾਨੇ ਨਾਲ ਟਾਲਿਆ ਜਾ ਰਿਹਾ ਸੀ।


ਦੋਸ਼ ਹੈ ਕਿ ਡਿਵੀਜ਼ਨਲ ਅਕਾਊਂਟੈਂਟ ਅਮ੍ਰਿਤਪਾਲ ਸਿੰਘ ਵੱਲੋਂ ਭੁਗਤਾਨ ਜਾਰੀ ਕਰਨ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ। ਲਗਾਤਾਰ ਹੋ ਰਹੀ ਪਰੇਸ਼ਾਨੀ ਤੋਂ ਤੰਗ ਆ ਕੇ ਬਿਸ਼ੰਬਰ ਦਾਸ ਨੇ ਇਸ ਸਬੰਧੀ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ।


ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਦੋਸ਼ਾਂ ਦੀ ਪੁਸ਼ਟੀ ਹੋਣ ’ਤੇ ਇੱਕ ਯੋਜਨਾਬੱਧ ਟ੍ਰੈਪ ਲਗਾਇਆ। ਵਿਭਾਗ ਵੱਲੋਂ ਬਿਸ਼ੰਬਰ ਦਾਸ ਨੂੰ ਨਿਸ਼ਾਨ ਲਗੇ 15 ਹਜ਼ਾਰ ਰੁਪਏ ਦਿੱਤੇ ਗਏ ਅਤੇ ਉਨ੍ਹਾਂ ਨੂੰ ਦੋਸ਼ੀ ਅਕਾਊਂਟੈਂਟ ਕੋਲ ਭੇਜਿਆ ਗਿਆ।


ਜਿਵੇਂ ਹੀ ਅਮ੍ਰਿਤਪਾਲ ਸਿੰਘ ਨੇ ਰਿਸ਼ਵਤ ਦੀ ਰਕਮ ਆਪਣੇ ਹੱਥ ਵਿੱਚ ਲਈ, ਉਥੇ ਪਹਿਲਾਂ ਤੋਂ ਮੌਜੂਦ ਵਿਜੀਲੈਂਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਬੂ ਕਰ ਲਿਆ। ਟੀਮ ਵੱਲੋਂ ਉਸਦੇ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।


ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ ਤਾਂ ਜੋ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਸਕੇ।


ਇਸ ਕਾਰਵਾਈ ਤੋਂ ਬਾਅਦ ਪਾਵਰਕਾਮ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਵਿਜੀਲੈਂਸ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਕਰਮਚਾਰੀ ਜਾਂ ਅਧਿਕਾਰੀ ਰਿਸ਼ਵਤਖੋਰੀ ਵਿੱਚ ਸ਼ਾਮਲ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਲੋਕਾਂ ਨੇ ਵੀ ਵਿਜੀਲੈਂਸ ਵਿਭਾਗ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਇਸ ਨਾਲ ਹੋਰ ਸਰਕਾਰੀ ਕਰਮਚਾਰੀਆਂ ਨੂੰ ਵੀ ਸਬਕ ਮਿਲੇਗਾ। ਨਾਲ ਹੀ ਲੋਕਾਂ ਨੇ ਮੰਗ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਹੋ ਰਹੀ ਖੱਜਲ-ਖੁਆਰੀ ਨੂੰ ਖਤਮ ਕਰਨ ਲਈ ਹੋਰ ਸਖ਼ਤ ਨਿਗਰਾਨੀ ਕੀਤੀ ਜਾਵੇ।

 
 
 

Comments


bottom of page