ਜਲੰਧਰ 'ਚ ANTF ਦਾ ਸਬ-ਇੰਸਪੈਕਟਰ 1 ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
- Jun 18
- 2 min read

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਵਿੱਚ ਤਾਇਨਾਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਗੋਹਾਵਰ ਦੀ ਇੱਕ ਮਹਿਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਦੇ ਭਰਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਹੈ ਅਤੇ ਇਸ ਮਾਮਲੇ ਦੀ ਆੜ ਵਿੱਚ ਸਬ-ਇੰਸਪੈਕਟਰ ਅਮਨਦੀਪ ਸਿੰਘ ਲਗਾਤਾਰ ਪਰਿਵਾਰ 'ਤੇ ਦਬਾਅ ਬਣਾ ਰਿਹਾ ਸੀ।
ਮਹਿਲਾ ਦੇ ਦੋਸ਼ਾਂ ਮੁਤਾਬਕ ਮੁਲਜ਼ਮ ਪੁਲਿਸ ਅਧਿਕਾਰੀ ਪਰਿਵਾਰ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰ ਦਿੱਤਾ ਜਾਵੇਗਾ। ਇਨ੍ਹਾਂ ਹੀ ਨਹੀਂ, ਉਹ ਪਰਿਵਾਰ ਦੀ ਜਾਇਦਾਦ ਜ਼ਬਤ ਕਰਵਾਉਣ ਦੀਆਂ ਧਮਕੀਆਂ ਵੀ ਦੇ ਰਿਹਾ ਸੀ। ਡਰ ਅਤੇ ਦਬਾਅ ਦੇ ਮਾਹੌਲ ਵਿੱਚ ਪਰਿਵਾਰ ਤੋਂ ਕਥਿਤ ਤੌਰ 'ਤੇ ਲੱਖਾਂ ਰੁਪਏ ਦੀ ਵਸੂਲੀ ਕੀਤੀ ਗਈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਸਬ-ਇੰਸਪੈਕਟਰ ਅਮਨਦੀਪ ਸਿੰਘ ਪਹਿਲਾਂ ਹੀ 6.5 ਲੱਖ ਰੁਪਏ ਦੀ ਰਕਮ ਵਸੂਲ ਕਰ ਚੁੱਕਾ ਸੀ, ਪਰ ਇਸ ਦੇ ਬਾਵਜੂਦ ਉਹ ਹੋਰ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਤੋਂ ਬਾਅਦ ਮਹਿਲਾ ਨੇ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਬਿਊਰੋ ਨੂੰ ਦਿੱਤੀ ਅਤੇ ਇਨਸਾਫ਼ ਦੀ ਮੰਗ ਕੀਤੀ।
ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਕੀਤੀ। ਮੁੱਢਲੀ ਜਾਂਚ ਵਿੱਚ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੇ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਅਤੇ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਪੁਸ਼ਟੀ ਕਰਨ ਲਈ ਜਾਲ ਵਿਛਾਇਆ। ਯੋਜਨਾ ਅਨੁਸਾਰ ਸ਼ਿਕਾਇਤਕਰਤਾ ਵੱਲੋਂ ਮੁਲਜ਼ਮ ਨੂੰ ਮੰਗੀ ਗਈ ਰਿਸ਼ਵਤ ਦੀ ਰਕਮ ਦਿੱਤੀ ਗਈ, ਜਿਸ ਦੌਰਾਨ ਵਿਜੀਲੈਂਸ ਟੀਮ ਨੇ ਸਬ-ਇੰਸਪੈਕਟਰ ਅਮਨਦੀਪ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ 'ਤੇ ਹੀ ਕਾਬੂ ਕਰ ਲਿਆ।
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਕਾਂਸਟੇਬਲ ਦਾ ਨਾਮ ਵੀ ਸਾਹਮਣੇ ਆਇਆ ਹੈ, ਜੋ ਸਬ-ਇੰਸਪੈਕਟਰ ਦਾ ਸਾਥੀ ਦੱਸਿਆ ਜਾ ਰਿਹਾ ਹੈ। ਕਾਰਵਾਈ ਦੌਰਾਨ ਉਹ ਫਰਾਰ ਹੋ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਉਸ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਸਬ-ਇੰਸਪੈਕਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਹੋਰ ਕੋਈ ਵਿਅਕਤੀ ਜਾਂ ਅਧਿਕਾਰੀ ਸ਼ਾਮਲ ਤਾਂ ਨਹੀਂ।
ਵਿਜੀਲੈਂਸ ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਸਰਕਾਰੀ ਅਧਿਕਾਰੀ ਆਪਣੇ ਅਹੁਦੇ ਦਾ ਦੁਰਵਰਤੋਂ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਗ੍ਰਿਫ਼ਤਾਰੀ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।




Comments