ਜਲੰਧਰ 'ਚ ਦੇਰ ਰਾਤ ਗੁੰਡਾਗਰਦੀ: ਘਰ ਅਤੇ ਬੂਟੀਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਆਪ ਆਗੂ ਦਾ ਭਤੀਜਾ ਕਾਬੂ
- Jun 10
- 2 min read

ਜਲੰਧਰ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਗੁੰਡਾਗਰਦੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਿਲਵਰ ਪਲਾਜ਼ਾ ਦੀ ਪਿੱਛਲੀ ਸਾਈਡ ਸਥਿਤ ਨਿਊ ਗੋਬਿੰਦ ਨਗਰ ਇਲਾਕੇ ਵਿੱਚ ਤਿੰਨ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਘਰ ਅਤੇ ਉਸ ਨਾਲ ਲੱਗਦੀ ਬੂਟੀਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
ਮਿਲੀ ਜਾਣਕਾਰੀ ਅਨੁਸਾਰ, ਹਮਲੇ ਦੌਰਾਨ ਕੁਝ ਲੋਕਾਂ ਵੱਲੋਂ ਗੋਲੀਬਾਰੀ ਹੋਣ ਦੀ ਵੀ ਚਰਚਾ ਕੀਤੀ ਗਈ, ਪਰ ਸ਼ਿਕਾਇਤਕਰਤਾ ਪਰਿਵਾਰ ਨੇ ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿੱਚ ਫਾਇਰਿੰਗ ਸਬੰਧੀ ਕੋਈ ਦੋਸ਼ ਨਹੀਂ ਲਗਾਇਆ। ਹਮਲੇ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਹੇ ਤਿੰਨ ਦੋਸ਼ੀਆਂ ਵਿੱਚੋਂ ਇੱਕ ਨੂੰ ਸਥਾਨਕ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਨਿਖਿਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਖਿਲ ਇੱਕ ਆਪ ਆਗੂ ਦਾ ਭਤੀਜਾ ਹੈ।
ਸ਼ਿਕਾਇਤਕਰਤਾ ਰਵਿੰਦਰਜੀਤ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਨਿਊ ਗੋਬਿੰਦ ਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਘਰ ਦੇ ਨਾਲ ਹੀ ਇੱਕ ਬੂਟੀਕ ਚਲਾਉਂਦੀ ਹੈ। ਉਨ੍ਹਾਂ ਦੇ ਮੁਤਾਬਕ ਬੁੱਧਵਾਰ ਰਾਤ ਤਿੰਨ ਨੌਜਵਾਨ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ ਅਤੇ ਅਚਾਨਕ ਘਰ ਦੇ ਗੇਟ ਅਤੇ ਬੂਟੀਕ ਦੇ ਸ਼ਟਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।
ਰਵਿੰਦਰਜੀਤ ਕੌਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਲਲਕਾਰਿਆ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਹਮਲੇ ਦੀਆਂ ਆਵਾਜ਼ਾਂ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ।
ਇਸ ਦੌਰਾਨ ਭੱਜਦੇ ਸਮੇਂ ਹਮਲਾਵਰਾਂ ਦਾ ਮੋਟਰਸਾਈਕਲ ਕੁਝ ਦੂਰੀ 'ਤੇ ਸੜਕ 'ਤੇ ਪਈਆਂ ਇੱਟਾਂ ਨਾਲ ਟਕਰਾ ਗਿਆ, ਜਿਸ ਕਾਰਨ ਉਹ ਸੰਤੁਲਨ ਗੁਆ ਬੈਠੇ ਅਤੇ ਹੇਠਾਂ ਡਿੱਗ ਪਏ। ਮੌਕੇ ਦਾ ਫਾਇਦਾ ਚੁੱਕਦਿਆਂ ਸਥਾਨਕ ਲੋਕਾਂ ਨੇ ਮੋਟਰਸਾਈਕਲ ਦੇ ਪਿੱਛੇ ਬੈਠੇ ਨਿਖਿਲ ਨੂੰ ਕਾਬੂ ਕਰ ਲਿਆ, ਜਦਕਿ ਉਸ ਦੇ ਦੋ ਸਾਥੀ ਹਨੇਰੇ ਦਾ ਲਾਭ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਏ।
ਲੋਕਾਂ ਨੇ ਫੜੇ ਗਏ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਮੁਤਾਬਕ ਉਸ ਦੇ ਕਬਜ਼ੇ ਵਿੱਚੋਂ ਇੱਕ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਨਿਖਿਲ ਨੂੰ ਹਿਰਾਸਤ ਵਿੱਚ ਲੈ ਕੇ ਉਸ ਦਾ ਮੈਡੀਕਲ ਕਰਵਾਇਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਧਰ, ਘਟਨਾ ਤੋਂ ਬਾਅਦ ਇਲਾਕੇ ਵਿੱਚ ਫਾਇਰਿੰਗ ਹੋਣ ਦੀਆਂ ਅਫਵਾਹਾਂ ਵੀ ਫੈਲੀਆਂ ਰਹੀਆਂ, ਪਰ ਸ਼ਿਕਾਇਤਕਰਤਾ ਪਰਿਵਾਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਗੋਲੀਬਾਰੀ ਸਬੰਧੀ ਕੋਈ ਗੱਲ ਨਹੀਂ ਕੀਤੀ। ਇਸ ਕਾਰਨ ਪੁਲਿਸ ਇਸ ਪੱਖ ਦੀ ਵੀ ਜਾਂਚ ਕਰ ਰਹੀ ਹੈ ਕਿ ਫਾਇਰਿੰਗ ਦੀਆਂ ਖਬਰਾਂ ਵਿੱਚ ਕਿੰਨੀ ਸੱਚਾਈ ਹੈ।
ਥਾਣਾ ਨੰਬਰ 8 ਦੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਫਰਾਰ ਹੋਏ ਦੋ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।




Comments