ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 3 ਵਿਅਕਤੀ ਗ੍ਰਿਫ਼ਤਾਰ, UAPA ਤਹਿਤ ਕੇਸ ਦਰਜ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਿੰਨੇ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਵਿੱਚ ਬੈਠੇ ਕਥਿਤ ਡਾਨ ਸ਼ਹਿਜ਼ਾਦ ਭੱਟੀ ਅਤੇ ਹਰਮਾਜ਼ ਗੁੱਜਰ ਦੇ ਸੰਪਰਕ ਵਿੱਚ ਆਏ ਸਨ ਅਤੇ ਉਨ੍ਹਾਂ ਦੇ ਕਹਿਣ 'ਤੇ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਜਾਣਕਾਰੀਆਂ ਇਕੱਠੀਆਂ ਕਰਕੇ ਵਿਦੇਸ਼ ਭੇਜਣ ਦੇ ਦੋਸ਼ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਸਿੰਘ, ਭਰਤ ਵਰਮਾ ਅਤੇ ਸਚਿਨ ਖੋਸਲਾ, ਵਾਸੀ ਕਮਲ ਵਿਹਾਰ, ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਤਿੰਨਾਂ ਨੂੰ ਠੋਸ ਸਬੂਤਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਮੁਤਾਬਕ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਦੀਪ ਸਿੰਘ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਆਇਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਭਰਤ ਵਰਮਾ ਅਤੇ ਸਚਿਨ ਖੋਸਲਾ ਨੂੰ ਵੀ ਇਸ ਨੈੱਟਵਰਕ ਨਾਲ ਜੋੜਿਆ। ਪੁਲਿਸ ਦਾ ਦਾਅਵਾ ਹੈ ਕਿ ਤਿੰਨੇ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਤੋਂ ਸਰਗਰਮ ਸਨ ਅਤੇ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਵਿੱਚ ਜਾ ਕੇ ਵੀ ਜਾਣਕਾਰੀਆਂ ਇਕੱਠੀਆਂ ਕਰਦੇ ਸਨ।
ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਬੈਂਕ ਖਾਤਿਆਂ, ਚੈਟ ਰਿਕਾਰਡ ਅਤੇ ਡਿਜ਼ੀਟਲ ਡਾਟਾ ਸਮੇਤ ਕਈ ਮਹੱਤਵਪੂਰਨ ਸਬੂਤ ਹਾਸਲ ਹੋਏ ਹਨ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਦੇਸ਼ ਵਿਰੋਧੀ ਗਤੀਵਿਧੀਆਂ ਦੇ ਬਦਲੇ ਦੋਸ਼ੀਆਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਕੀਤੀ ਜਾ ਰਹੀ ਸੀ। ਬੈਂਕ ਲੈਣ-ਦੇਣ ਅਤੇ ਆਨਲਾਈਨ ਚੈਟਾਂ ਦੀ ਜਾਂਚ ਤੋਂ ਬਾਅਦ ਹੀ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਪੁਲਿਸ ਅਨੁਸਾਰ ਦੋਸ਼ੀਆਂ ਨੇ ਜਲੰਧਰ ਨਾਲ ਸੰਬੰਧਿਤ ਕੁਝ ਜਾਣਕਾਰੀਆਂ ਵੀ ਲੀਕ ਕੀਤੀਆਂ ਹਨ ਅਤੇ ਹੋਰ ਰਾਜਾਂ ਵਿੱਚ ਜਾ ਕੇ ਵੀ ਵੱਖ-ਵੱਖ ਥਾਵਾਂ ਦੀਆਂ ਜਾਣਕਾਰੀਆਂ ਇਕੱਠੀਆਂ ਕਰਕੇ ਵਿਦੇਸ਼ ਭੇਜੀਆਂ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੇ ਕੁਝ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਵੀ ਸੰਵੇਦਨਸ਼ੀਲ ਜਾਣਕਾਰੀਆਂ ਇਕੱਠੀਆਂ ਕਰਵਾਈਆਂ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੋਣ ਕਾਰਨ ਇਸ ਸਮੇਂ ਸਾਰੇ ਸਬੂਤ ਅਤੇ ਦਸਤਾਵੇਜ਼ ਜਨਤਕ ਨਹੀਂ ਕੀਤੇ ਜਾ ਸਕਦੇ। ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਪੁਲਿਸ ਕੋਲ ਪੂਰੇ ਸਬੂਤ ਮੌਜੂਦ ਹਨ, ਜਿਨ੍ਹਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਭਰਤ ਵਰਮਾ ਖ਼ਿਲਾਫ਼ ਪਹਿਲਾਂ ਵੀ ਮਾਰਕੁੱਟ ਦਾ ਇੱਕ ਕੇਸ ਦਰਜ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਕੀ ਇਸ ਦੇ ਤਾਰ ਕਿਸੇ ਵੱਡੇ ਗਿਰੋਹ ਨਾਲ ਜੁੜੇ ਹੋਏ ਹਨ।
ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਵਾਪਰੀ ਇੱਕ ਧਮਾਕੇ ਦੀ ਘਟਨਾ ਵਿੱਚ ਵੀ ਇਨ੍ਹਾਂ ਵਿੱਚੋਂ ਇੱਕ ਮਾਮਲੇ ਨਾਲ ਸੰਭਾਵਿਤ ਕੜੀ ਸਾਹਮਣੇ ਆਈ ਹੈ। ਇਸ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਹੋਰ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਜਲਦ ਹੀ 3 ਤੋਂ 4 ਹੋਰ ਸ਼ੱਕੀ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਫਿਲਹਾਲ ਤਿੰਨਾਂ ਗ੍ਰਿਫ਼ਤਾਰ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਮਾਮਲੇ ਦੇ ਹਰ ਪੱਖ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।




Comments