ਦੋਰਾਹਾ 'ਚ 14 ਸਾਲਾ ਦਿਵਿਆਂਗ ਬੱਚੇ ਨਾਲ ਦਰਿੰਦਗੀ ਮਗਰੋਂ ਕਤਲ ਮਾਮਲਾ ਸੁਲਝਿਆ, ਮੁੱਖ ਦੋਸ਼ੀ ਗ੍ਰਿਫ਼ਤਾਰ
- Jun 8
- 2 min read

ਦੋਰਾਹਾ (ਲੁਧਿਆਣਾ) : ਦੋਰਾਹਾ ਖੇਤਰ ਵਿੱਚ ਇੱਕ 14 ਸਾਲਾ ਦਿਵਿਆਂਗ ਬੱਚੇ ਨਾਲ ਕਥਿਤ ਤੌਰ 'ਤੇ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰਕੇ ਲਾਸ਼ ਨੂੰ ਛੱਪੜ ਵਿੱਚ ਸੁੱਟਣ ਦੇ ਦਿਲ ਦਹਿਲਾ ਦੇਣ ਵਾਲੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਸੰਵੇਦਨਸ਼ੀਲ ਅਤੇ ਚਰਚਿਤ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਸਥਾਨ ਤੋਂ ਕੋਈ ਸਿੱਧਾ ਤਕਨੀਕੀ ਸਬੂਤ ਜਾਂ ਸੀਸੀਟੀਵੀ ਫੁਟੇਜ ਨਾ ਮਿਲਣ ਦੇ ਬਾਵਜੂਦ ਪੁਲਿਸ ਨੇ ਡੂੰਘੀ ਜਾਂਚ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਦੋਸ਼ੀ ਤੱਕ ਪਹੁੰਚ ਬਣਾਈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਮੰਨੀ ਕੁਮਾਰ ਪੁੱਤਰ ਦੇਵ ਸਿੰਘ ਵਾਸੀ ਮਕਾਨ ਨੰਬਰ 883, ਜੈਲਦਾਰ ਮੁਹੱਲਾ, ਦੋਰਾਹਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਸ ਮਾਮਲੇ ਦੀ ਜਾਂਚ ਐੱਸ.ਐੱਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਚਲਾਈ ਗਈ। ਐੱਸ.ਪੀ. (ਇਨਵੈਸਟੀਗੇਸ਼ਨ) ਪਵਨਜੀਤ ਚੌਧਰੀ, ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਮੋਹਿਤ ਕੁਮਾਰ ਸਿੰਗਲਾ ਅਤੇ ਡੀ.ਐੱਸ.ਪੀ. ਪਾਇਲ ਹਰਮਨਪ੍ਰੀਤ ਸਿੰਘ ਚੀਮਾ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਨੇ ਲਗਾਤਾਰ ਜਾਂਚ ਕਰਕੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।
ਪ੍ਰਾਪਤ ਜਾਣਕਾਰੀ ਮੁਤਾਬਕ 6 ਮਈ 2026 ਨੂੰ ਇਤਿਹਾਸਕ ਗੁਰਦੁਆਰਾ ਕਟਾਣਾ ਸਾਹਿਬ ਨੇੜੇ ਜੰਗਲੀ ਖੇਤਰ ਵਿੱਚ ਰਹਿਣ ਵਾਲਾ ਇੱਕ 14 ਸਾਲਾ ਦਿਵਿਆਂਗ ਬੱਚਾ ਅਚਾਨਕ ਲਾਪਤਾ ਹੋ ਗਿਆ ਸੀ। ਬੱਚੇ ਦੇ ਪਰਿਵਾਰ ਵੱਲੋਂ ਦਿੱਤੀ ਗਈ ਸੂਚਨਾ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਭਾਲ ਮੁਹਿੰਮ ਸ਼ੁਰੂ ਕੀਤੀ ਗਈ।
ਤਲਾਸ਼ੀ ਦੌਰਾਨ ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ, ਜਿਨ੍ਹਾਂ ਦੇ ਆਧਾਰ 'ਤੇ ਜਾਂਚ ਟੀਮ ਇੱਕ ਛੱਪੜ ਤੱਕ ਪਹੁੰਚੀ। ਉੱਥੇ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਸੀ। ਮ੍ਰਿਤਕ ਦੇ ਪਰਿਵਾਰ ਅਤੇ ਸਥਾਨਕ ਲੋਕਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
ਇਸ ਸਬੰਧੀ ਥਾਣਾ ਦੋਰਾਹਾ ਵਿੱਚ ਮੁਕੱਦਮਾ ਨੰਬਰ 109 ਮਿਤੀ 07 ਮਈ 2026 ਤਹਿਤ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 103 ਅਤੇ 238 ਦੇ ਨਾਲ-ਨਾਲ ਪੋਕਸੋ ਐਕਟ ਦੀ ਧਾਰਾ 6 ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।
ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਦੀ ਜਾਂਚ ਕਾਫ਼ੀ ਚੁਣੌਤੀਪੂਰਨ ਰਹੀ। ਘਟਨਾ ਸਥਾਨ ਜੰਗਲਾਤ ਅਤੇ ਸੁੰਨਸਾਨ ਇਲਾਕੇ ਵਿੱਚ ਹੋਣ ਕਾਰਨ ਉੱਥੇ ਕੋਈ ਸੀਸੀਟੀਵੀ ਕੈਮਰਾ ਨਹੀਂ ਸੀ। ਇਸ ਤੋਂ ਇਲਾਵਾ ਕੋਈ ਮੋਬਾਈਲ ਜਾਂ ਹੋਰ ਡਿਜੀਟਲ ਸਬੂਤ ਵੀ ਨਹੀਂ ਮਿਲ ਸਕਿਆ, ਜਿਸ ਕਾਰਨ ਜਾਂਚ ਹੋਰ ਵੀ ਮੁਸ਼ਕਲ ਬਣ ਗਈ ਸੀ।
ਇਸ ਦੇ ਬਾਵਜੂਦ ਪੁਲਿਸ ਨੇ ਹੌਸਲਾ ਨਹੀਂ ਛੱਡਿਆ ਅਤੇ ਵੱਖ-ਵੱਖ ਪੱਖਾਂ ਤੋਂ ਜਾਂਚ ਨੂੰ ਅੱਗੇ ਵਧਾਇਆ। ਟੀਮਾਂ ਨੇ ਸਥਾਨਕ ਲੋਕਾਂ ਨਾਲ ਪੁੱਛਗਿੱਛ ਕੀਤੀ, ਸ਼ੱਕੀ ਵਿਅਕਤੀਆਂ ਦੀ ਪੜਤਾਲ ਕੀਤੀ ਅਤੇ ਇਲਾਕੇ ਵਿੱਚ ਸਰਗਰਮ ਲੋਕਾਂ ਦੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ। ਮਨੁੱਖੀ ਖੁਫੀਆ ਸੂਚਨਾਵਾਂ ਅਤੇ ਤਕਨੀਕੀ ਵਿਸ਼ਲੇਸ਼ਣ ਨੂੰ ਮਿਲਾ ਕੇ ਜਾਂਚ ਦਾ ਘੇਰਾ ਹੌਲੀ-ਹੌਲੀ ਸੰਕੁਚਿਤ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਮੁੱਖ ਦੋਸ਼ੀ ਦੀ ਪਛਾਣ ਹੋਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਾਮਲੇ ਨਾਲ ਸਬੰਧਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਜਘਨਿਆ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਣ 'ਤੇ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਲੋਕਾਂ ਨੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।




Comments