top of page

ਪੰਜਾਬ ਐੱਸ.ਸੀ. ਕਮਿਸ਼ਨ ਨੇ ਰਵਨੀਤ ਬਿੱਟੂ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੂੰ ਮੁੜ ਕੀਤਾ ਤਲਬ, 15 ਜੂਨ ਨੂੰ ਪੇਸ਼ ਹੋਣ ਦੇ ਹੁਕਮ

  • Jun 4
  • 3 min read

ਚੰਡੀਗੜ੍ਹ/ਪੰਜਾਬ ਡੈਸਕ: ਪੰਜਾਬ ਅਨੁਸੂਚਿਤ ਜਾਤੀ (ਐੱਸ.ਸੀ.) ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਖ-ਵੱਖ ਮਾਮਲਿਆਂ ਵਿੱਚ ਇੱਕ ਵਾਰ ਫਿਰ ਤਲਬ ਕੀਤਾ ਹੈ। ਕਮਿਸ਼ਨ ਨੇ ਤਿੰਨਾਂ ਆਗੂਆਂ ਨੂੰ 15 ਜੂਨ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਇਹ ਕਾਰਵਾਈ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਵਿਵਾਦਿਤ ਟਿੱਪਣੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ।


ਜਾਣਕਾਰੀ ਅਨੁਸਾਰ ਕਮਿਸ਼ਨ ਵੱਲੋਂ ਅੱਜ ਵੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ। ਉਨ੍ਹਾਂ ਦੀ ਥਾਂ ਪੇਸ਼ ਹੋਏ ਵਕੀਲਾਂ ਨੇ ਕਮਿਸ਼ਨ ਨੂੰ ਦੱਸਿਆ ਕਿ ਚੰਡੀਗੜ੍ਹ ਵਿੱਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਨਾਲ ਸਬੰਧਤ ਰੁਝੇਵਿਆਂ ਕਾਰਨ ਬਿੱਟੂ ਹਾਜ਼ਰ ਨਹੀਂ ਹੋ ਸਕੇ।


ਇਸੇ ਤਰ੍ਹਾਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਵੀ ਪਹਿਲਾਂ ਕਈ ਵਾਰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਵੀ ਨਿਰਧਾਰਿਤ ਮਿਤੀਆਂ ’ਤੇ ਹਾਜ਼ਰ ਨਹੀਂ ਹੋਏ। ਇਸ ਕਾਰਨ ਕਮਿਸ਼ਨ ਨੇ ਹੁਣ ਤਿੰਨਾਂ ਆਗੂਆਂ ਨੂੰ 15 ਜੂਨ ਨੂੰ ਮੁੜ ਤਲਬ ਕੀਤਾ ਹੈ।


ਰਵਨੀਤ ਸਿੰਘ ਬਿੱਟੂ ਨੂੰ ਕਿਉਂ ਕੀਤਾ ਗਿਆ ਤਲਬ

ਰਵਨੀਤ ਸਿੰਘ ਬਿੱਟੂ ਨਾਲ ਜੁੜਿਆ ਮਾਮਲਾ ਨਗਰ ਨਿਗਮ ਚੋਣਾਂ ਦੌਰਾਨ ਧੂਰੀ ਵਿੱਚ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ। ਦੋਸ਼ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਕੁਝ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਕਥਿਤ ਤੌਰ ’ਤੇ ਜਾਤੀ ਆਧਾਰਿਤ ਟਿੱਪਣੀ ਕੀਤੀ ਗਈ ਸੀ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।


ਮਾਮਲੇ ਦਾ ਨੋਟਿਸ ਲੈਂਦਿਆਂ ਐੱਸ.ਸੀ. ਕਮਿਸ਼ਨ ਨੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ ਸੀ। ਬਾਅਦ ਵਿੱਚ ਪੁਲਿਸ ਅਧਿਕਾਰੀ ਕਮਿਸ਼ਨ ਸਾਹਮਣੇ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਵੀ ਸਪੱਸ਼ਟੀਕਰਨ ਲਈ ਤਲਬ ਕੀਤਾ ਸੀ। ਹਾਲਾਂਕਿ ਉਹ ਅਜੇ ਤੱਕ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋ ਸਕੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਬਿੱਟੂ ਪਹਿਲਾਂ ਜਨਤਕ ਤੌਰ ’ਤੇ ਮੁਆਫ਼ੀ ਵੀ ਮੰਗ ਚੁੱਕੇ ਹਨ।


ਪ੍ਰਤਾਪ ਸਿੰਘ ਬਾਜਵਾ ਨੂੰ ਦੋ ਮਾਮਲਿਆਂ ਵਿੱਚ ਨੋਟਿਸ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਐੱਸ.ਸੀ. ਕਮਿਸ਼ਨ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਲਬ ਕੀਤਾ ਹੈ। ਪਹਿਲਾ ਮਾਮਲਾ ਤਰਨਤਾਰਨ ਵਿੱਚ ਹੋਈਆਂ ਚੋਣਾਂ ਦੌਰਾਨ ਸਾਹਮਣੇ ਆਇਆ ਸੀ, ਜਿੱਥੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਸਿੰਘ ਜੀ) ਦੀ ਤਸਵੀਰ ਨੂੰ ਰਾਜਨੀਤਿਕ ਆਗੂਆਂ ਨਾਲ ਵਰਤਣ ਦਾ ਵਿਵਾਦ ਖੜ੍ਹਾ ਹੋਇਆ ਸੀ।


ਦੂਜਾ ਮਾਮਲਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਗਈ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਨਾਲ ਜੁੜਿਆ ਹੋਇਆ ਹੈ। ਕਮਿਸ਼ਨ ਦਾ ਮੰਨਣਾ ਹੈ ਕਿ ਇਹ ਟਿੱਪਣੀਆਂ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀਆਂ ਹਨ।

ਦੋਵੇਂ ਮਾਮਲਿਆਂ ਵਿੱਚ ਕਮਿਸ਼ਨ ਵੱਲੋਂ ਪਹਿਲਾਂ ਵੀ ਬਾਜਵਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਮਾਮਲਾ ਹਾਈਕੋਰਟ ਵਿੱਚ ਲੈ ਗਏ ਸਨ। ਹੁਣ ਕਮਿਸ਼ਨ ਨੇ ਇੱਕ ਵਾਰ ਫਿਰ ਉਨ੍ਹਾਂ ਨੂੰ 15 ਜੂਨ ਨੂੰ ਹਾਜ਼ਰ ਹੋਣ ਲਈ ਨਿਰਦੇਸ਼ ਜਾਰੀ ਕੀਤੇ ਹਨ।


ਰਾਜਾ ਵੜਿੰਗ ਨੂੰ ਵੀ ਪੇਸ਼ ਹੋਣ ਦੇ ਹੁਕਮ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇੱਕ ਵਿਵਾਦਿਤ ਟਿੱਪਣੀ ਦੇ ਮਾਮਲੇ ਵਿੱਚ ਕਮਿਸ਼ਨ ਵੱਲੋਂ ਤਲਬ ਕੀਤਾ ਗਿਆ ਹੈ। ਹਾਲਾਂਕਿ ਇਸ ਸਬੰਧੀ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਕਮਿਸ਼ਨ ਦਾ ਕਹਿਣਾ ਹੈ ਕਿ ਮਾਮਲੇ ਦੀ ਸੁਣਵਾਈ ਲਈ ਉਨ੍ਹਾਂ ਦੀ ਮੌਜੂਦਗੀ ਲਾਜ਼ਮੀ ਹੈ।

ਐੱਸ.ਸੀ. ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਅਤੇ ਸੁਣਵਾਈ ਕੀਤੀ ਜਾਵੇਗੀ। ਕਮਿਸ਼ਨ ਦਾ ਕਹਿਣਾ ਹੈ ਕਿ ਜਨਤਕ ਅਹੁਦਿਆਂ ’ਤੇ ਬੈਠੇ ਆਗੂਆਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੀ ਗੰਭੀਰਤਾ ਨੂੰ ਦੇਖਦਿਆਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਹੁਣ ਸਭ ਦੀ ਨਜ਼ਰ 15 ਜੂਨ ਦੀ ਸੁਣਵਾਈ ’ਤੇ ਟਿਕੀ ਹੋਈ ਹੈ, ਜਦੋਂ ਇਹ ਤਿੰਨੇ ਸਿਆਸੀ ਆਗੂ ਕਮਿਸ਼ਨ ਸਾਹਮਣੇ ਆਪਣਾ ਪੱਖ ਰੱਖ ਸਕਦੇ ਹਨ।

 
 
 

Comments


bottom of page