top of page

ਬਠਿੰਡਾ ਨਗਰ ਨਿਗਮ ਚੋਣ ਨਤੀਜਿਆਂ ਵਿੱਚ ਦੇਰੀ ਕਾਰਨ ਸਿਆਸੀ ਮਾਹੌਲ ਗਰਮਕਾਂਗਰਸ ਨੇ ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਦੋਸ਼, ਮਤਗਣਨਾ ਕੇਂਦਰਾਂ ਬਾਹਰ ਧਰਨਾ

  • May 29
  • 2 min read


ਬਠਿੰਡਾ : ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਹੋ ਰਹੀ ਲਗਾਤਾਰ ਦੇਰੀ ਕਾਰਨ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸ਼ਾਮ 6 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ 10 ਵਾਰਡਾਂ ਦੇ ਨਤੀਜੇ ਹੀ ਜਾਰੀ ਕੀਤੇ ਗਏ, ਜਦਕਿ ਕਈ ਵਾਰਡਾਂ ਦੀ ਮਤਗਣਨਾ ਪੂਰੀ ਹੋਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਵਿਰੋਧੀ ਧਿਰਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।


ਮਾਮਲੇ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕਰੀਬ ਪੌਣੇ ਤਿੰਨ ਲੱਖ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਨਤੀਜੇ ਆਉਣ ਵਿੱਚ ਸਮਾਂ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 40 ਤੋਂ 45 ਵਾਰਡਾਂ ਦੀ ਮਤਗਣਨਾ ਪੂਰੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 5 ਤੋਂ 7 ਵਾਰਡਾਂ ਦਾ ਕੰਮ ਵੀ ਅੱਧੇ ਤੋਂ ਇੱਕ ਘੰਟੇ ਦੇ ਅੰਦਰ ਮੁਕੰਮਲ ਹੋ ਜਾਵੇਗਾ।


ਦੂਜੇ ਪਾਸੇ ਕਾਂਗਰਸ ਪਾਰਟੀ ਨੇ ਚੋਣ ਪ੍ਰਕਿਰਿਆ ‘ਤੇ ਗੰਭੀਰ ਦੋਸ਼ ਲਗਾਏ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਾਰ ਰਹੇ ਹਨ, ਉੱਥੇ ਦੁਬਾਰਾ ਮਤਗਣਨਾ ਕਰਵਾ ਕੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਨੇ ਦਾਅਵਾ ਕੀਤਾ ਕਿ ਇਹ ਸਭ ਕੁਝ ਸਰਕਾਰੀ ਦਬਾਅ ਹੇਠ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੀਆਂ ਸੀਟਾਂ ਦੀ ਗਿਣਤੀ ਵਧਾਈ ਜਾ ਸਕੇ।

ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵਰਕਰਾਂ ਵਿੱਚ ਵੀ ਭਾਰੀ ਰੋਸ ਦੇਖਣ ਨੂੰ ਮਿਲਿਆ। ਕਈ ਮਤਗਣਨਾ ਕੇਂਦਰਾਂ ਦੇ ਬਾਹਰ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਧਰਨਾ ਦਿੱਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਤੀਜਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਕੀਤੀ ਗਈ ਤਾਂ ਪਾਰਟੀ ਵੱਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।


ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਕਾਂਗਰਸ ਪਾਰਟੀ ਸਪੱਸ਼ਟ ਬਹੁਮਤ ਵੱਲ ਵੱਧ ਰਹੀ ਹੈ, ਪਰ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਜਿੱਤ ਰਹੇ ਉਮੀਦਵਾਰਾਂ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਦੀ ਦਖ਼ਲਅੰਦਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।


ਉੱਧਰ ਪ੍ਰਸ਼ਾਸਨ ਵੱਲੋਂ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਗਿਆ ਹੈ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ ਅਤੇ ਹਰ ਨਤੀਜਾ ਨਿਯਮਾਂ ਅਨੁਸਾਰ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਨਤੀਜਿਆਂ ਵਿੱਚ ਹੋ ਰਹੀ ਦੇਰੀ ਕਾਰਨ ਸਿਆਸੀ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਸਾਰੇ ਪੱਖਾਂ ਦੀ ਨਜ਼ਰ ਹੁਣ ਆਖ਼ਰੀ ਨਤੀਜਿਆਂ ‘ਤੇ ਟਿਕੀ ਹੋਈ ਹੈ।

 
 
 

Comments


bottom of page