ਲੁਧਿਆਣਾ ਪੁਲਿਸ ਦੀ ਵੱਡੀ ਕਾਮਯਾਬੀ: ਡੌਨੀ ਬੱਲ ਅਤੇ ਅਰਸ਼ ਬੱਗਾ ਗੈਂਗ ਦੇ 2 ਸ਼ੂਟਰ ਕਾਬੂ
- Jun 20
- 2 min read

ਲੁਧਿਆਣਾ: ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਡੌਨੀ ਬੱਲ ਅਤੇ ਅਰਸ਼ ਬੱਗਾ ਗੈਂਗ ਨਾਲ ਸਬੰਧਤ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ, 9 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ। ਇਹ ਖੁਲਾਸਾ ਏ.ਸੀ.ਪੀ. ਸਿਵਲ ਲਾਈਨ ਸਰਬਜੀਤ ਸਿੰਘ ਚੀਮਾ ਅਤੇ ਥਾਣਾ ਡਿਵੀਜ਼ਨ ਨੰਬਰ-5 ਦੇ ਮੁਖੀ ਇੰਸਪੈਕਟਰ ਹਮਰਾਜ ਸਿੰਘ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ-5 ਦੇ ਇੰਚਾਰਜ ਹਮਰਾਜ ਸਿੰਘ ਨੂੰ ਇੱਕ ਭਰੋਸੇਯੋਗ ਗੁਪਤ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਵਿੱਚ ਦੱਸਿਆ ਗਿਆ ਸੀ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੌਨੀ ਬੱਲ ਅਤੇ ਅਰਸ਼ ਬੱਗਾ ਆਪਣੇ ਗੁਰਗਿਆਂ ਰਾਹੀਂ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਫਿਰੌਤੀ, ਲੁੱਟ-ਖੋਹ ਅਤੇ ਹੋਰ ਸੰਗੀਨ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਨੇ ਗੈਂਗ ਦੇ ਸਰਗਰਮ ਮੈਂਬਰ ਸੁਖਵਿੰਦਰ ਸਿੰਘ ਉਰਫ਼ ਨੀਲਾ ਅਤੇ ਰਾਜਵੀਰ ਸਿੰਘ ਉਰਫ਼ ਰਾਜੀ ਦੀ ਪਛਾਣ ਕੀਤੀ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਕਿਸੇ ਕਾਰੋਬਾਰੀ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ।
ਪੁਲਿਸ ਨੇ 16 ਜੂਨ ਨੂੰ ਖਾਸ ਮੁਹਿੰਮ ਚਲਾਉਂਦਿਆਂ ਸੁਖਵਿੰਦਰ ਸਿੰਘ ਉਰਫ਼ ਨੀਲਾ ਨੂੰ ਕਾਲੋਨੀ ਨੰਬਰ-6 ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇੱਕ ਨਾਜਾਇਜ਼ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਸਾਹਮਣੇ ਆਏ।
ਪੁੱਛਗਿੱਛ ਦੌਰਾਨ ਸੁਖਵਿੰਦਰ ਸਿੰਘ ਨੇ ਆਪਣੇ ਸਾਥੀ ਰਾਜਵੀਰ ਸਿੰਘ ਉਰਫ਼ ਰਾਜੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਅਯਾਲੀ ਚੌਂਕ ਨੇੜੇ ਛਾਪੇਮਾਰੀ ਕੀਤੀ ਅਤੇ ਰਾਜਵੀਰ ਸਿੰਘ ਉਰਫ਼ ਰਾਜੀ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਦੌਰਾਨ ਇੱਕ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਈ।
ਪੁਲਿਸ ਅਧਿਕਾਰੀਆਂ ਮੁਤਾਬਕ ਦੋਵੇਂ ਮੁਲਜ਼ਮ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਇਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਪਹਿਲਾਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਗੈਂਗ ਦੇ ਹੋਰ ਕਿੰਨੇ ਮੈਂਬਰ ਪੰਜਾਬ ਵਿੱਚ ਸਰਗਰਮ ਹਨ।
ਏ.ਸੀ.ਪੀ. ਚੀਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਕਿਸੇ ਵੀ ਕੀਮਤ 'ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੇ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।
ਪੁਲਿਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਗੈਂਗ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।




Comments