top of page

ਲੁਧਿਆਣਾ ਵਿੱਚ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲਿਆਂ 'ਤੇ ਵੱਡਾ ਖੁਲਾਸਾ, ਕਿਸੇ ਗੈਂਗ ਦੇ ਸਰਗਰਮ ਹੋਣ ਦੇ ਸਬੂਤ ਨਹੀਂ ਮਿਲੇ : ਮਹਿਲਾ ਕਮਿਸ਼ਨ

  • Jun 8
  • 2 min read

ਲੁਧਿਆਣਾ : ਪਿਛਲੇ ਇੱਕ ਮਹੀਨੇ ਦੌਰਾਨ ਲੁਧਿਆਣਾ ਸ਼ਹਿਰ ਵਿੱਚ ਕਰੀਬ ਇੱਕ ਦਰਜਨ ਲੜਕੀਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਸੀ। ਸੋਸ਼ਲ ਮੀਡੀਆ 'ਤੇ ਵੀ ਵੱਖ-ਵੱਖ ਤਰ੍ਹਾਂ ਦੀਆਂ ਅਫਵਾਹਾਂ ਅਤੇ ਦਾਅਵੇ ਕੀਤੇ ਜਾ ਰਹੇ ਸਨ, ਜਿਨ੍ਹਾਂ ਕਾਰਨ ਮਾਮਲਾ ਕਾਫੀ ਚਰਚਾ ਵਿੱਚ ਆ ਗਿਆ ਸੀ। ਇਸ ਗੰਭੀਰ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਤਲਬ ਕਰਕੇ ਵਿਸਥਾਰਪੂਰਵਕ ਰਿਪੋਰਟ ਮੰਗੀ ਸੀ।


ਹੁਣ ਇਸ ਮਾਮਲੇ ਵਿੱਚ ਮਹਿਲਾ ਕਮਿਸ਼ਨ ਨੇ ਲੁਧਿਆਣਾ ਪੁਲਿਸ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ 'ਤੇ ਪੂਰੀ ਤਸੱਲੀ ਜਤਾਈ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੁਲਿਸ ਜਾਂਚ ਦੌਰਾਨ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੇ ਲੜਕੀਆਂ ਨੂੰ ਅਗਵਾ ਕਰਨ ਵਾਲੇ ਗੈਂਗ ਜਾਂ ਸੰਗਠਿਤ ਰੈਕੇਟ ਦੇ ਸਰਗਰਮ ਹੋਣ ਦੇ ਕੋਈ ਸਬੂਤ ਨਹੀਂ ਮਿਲੇ ਹਨ।


ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਣਿਆਂ ਵਿੱਚ ਲੜਕੀਆਂ ਦੇ ਲਾਪਤਾ ਹੋਣ ਸਬੰਧੀ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ। ਪਰਿਵਾਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਇਹ ਮਾਮਲੇ ਅਗਵਾ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਦਰਜ ਕੀਤੇ ਗਏ ਸਨ। ਹਾਲਾਂਕਿ ਪੁਲਿਸ ਵੱਲੋਂ ਕੀਤੀ ਗਈ ਡੂੰਘੀ ਜਾਂਚ, ਪੁੱਛਗਿੱਛ ਅਤੇ ਤਕਨੀਕੀ ਪੜਤਾਲ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਲਾਪਤਾ ਹੋਈਆਂ ਲੜਕੀਆਂ ਆਪਣੀ ਮਰਜ਼ੀ ਨਾਲ ਘਰੋਂ ਗਈਆਂ ਸਨ ਅਤੇ ਉਨ੍ਹਾਂ ਨੂੰ ਕਿਸੇ ਵਿਅਕਤੀ ਜਾਂ ਅਪਰਾਧਿਕ ਗਰੁੱਪ ਵੱਲੋਂ ਜ਼ਬਰਦਸਤੀ ਨਹੀਂ ਲਿਜਾਇਆ ਗਿਆ।


ਮਹਿਲਾ ਕਮਿਸ਼ਨ ਮੁਤਾਬਕ ਲੜਕੀਆਂ ਦੇ ਘਰ ਛੱਡਣ ਦੇ ਕਾਰਨਾਂ ਵਿੱਚ ਪਰਿਵਾਰਕ ਮਨਮੁਟਾਵ, ਨਿੱਜੀ ਸਮੱਸਿਆਵਾਂ ਅਤੇ ਹੋਰ ਵਿਅਕਤੀਗਤ ਕਾਰਨ ਸਾਹਮਣੇ ਆਏ ਹਨ। ਪੁਲਿਸ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਕਈ ਲੜਕੀਆਂ ਨੂੰ ਸੁਰੱਖਿਅਤ ਲੱਭ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਵੀ ਕੀਤਾ ਜਾ ਚੁੱਕਾ ਹੈ।


ਚੇਅਰਪਰਸਨ ਨੇ ਖਾਸ ਤੌਰ 'ਤੇ ਥਾਣਾ ਜਮਾਲਪੁਰ ਨਾਲ ਸੰਬੰਧਿਤ ਇੱਕ ਮਾਮਲੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੋਂ ਲਾਪਤਾ ਹੋਈਆਂ ਤਿੰਨ ਲੜਕੀਆਂ ਨੂੰ ਪੁਲਿਸ ਨੇ ਉੱਤਰ ਪ੍ਰਦੇਸ਼ ਸਥਿਤ ਉਨ੍ਹਾਂ ਦੇ ਪੈਤ੍ਰਿਕ ਪਿੰਡ ਤੋਂ ਬਰਾਮਦ ਕੀਤਾ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਵੀ ਪਰਿਵਾਰਕ ਵਿਵਾਦਾਂ ਕਾਰਨ ਆਪਣੀ ਮਰਜ਼ੀ ਨਾਲ ਉੱਥੇ ਚਲੀਆਂ ਗਈਆਂ ਸਨ।


ਉਨ੍ਹਾਂ ਕਿਹਾ ਕਿ ਬਾਕੀ ਮਾਮਲਿਆਂ ਵਿੱਚ ਵੀ ਪੁਲਿਸ ਦੀ ਸਾਈਬਰ ਸੈੱਲ, ਫੀਲਡ ਇਨਵੈਸਟੀਗੇਸ਼ਨ ਟੀਮਾਂ ਅਤੇ ਹੋਰ ਸੁਰੱਖਿਆ ਏਜੰਸੀਆਂ ਮਿਲ ਕੇ ਕੰਮ ਕਰ ਰਹੀਆਂ ਹਨ। ਲਾਪਤਾ ਲੜਕੀਆਂ ਦੀ ਭਾਲ ਲਈ ਹਰ ਸੰਭਵ ਤਕਨੀਕੀ ਅਤੇ ਮੈਦਾਨੀ ਸਾਧਨ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਜੋ ਬਾਕੀ ਲੜਕੀਆਂ ਨੂੰ ਵੀ ਜਲਦੀ ਲੱਭਿਆ ਜਾ ਸਕੇ।


ਮਹਿਲਾ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ 'ਤੇ ਫੈਲ ਰਹੀ ਅਪੁਸ਼ਟ ਜਾਣਕਾਰੀ ਨੂੰ ਸਾਂਝਾ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਵੇਲੇ ਕਿਸੇ ਵੱਡੀ ਅਪਰਾਧਿਕ ਸਾਜ਼ਿਸ਼ ਜਾਂ ਅਗਵਾ ਗੈਂਗ ਦੇ ਸਰਗਰਮ ਹੋਣ ਦੇ ਕੋਈ ਸਬੂਤ ਸਾਹਮਣੇ ਨਹੀਂ ਆਏ ਹਨ।


ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾ ਕਮਿਸ਼ਨ ਇਸ ਪੂਰੇ ਮਾਮਲੇ ਦੀ ਨਜ਼ਦੀਕੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ ਜਾਂਚ ਦਾ ਹਰ ਪੱਖ ਧਿਆਨ ਨਾਲ ਵੇਖਿਆ ਜਾ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ ਅਤੇ ਜਾਂਚ ਵਿੱਚ ਸਹਿਯੋਗ ਦੇਣ, ਤਾਂ ਜੋ ਬਾਕੀ ਲਾਪਤਾ ਲੜਕੀਆਂ ਨੂੰ ਵੀ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾ ਸਕੇ।

 
 
 

Comments


bottom of page